ਵਿਧਾਇਕ ਕੁਲਵੰਤ ਸਿੰਘ ਦੀ ਜਿੱਤ ਦੀ ਖੁਸ਼ੀ ਵਿਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ
1 min readਮੋਹਾਲੀ, 26 ਮਾਰਚ, 2022: ਵਿਧਾਨ ਸਭਾ ਹਲਕੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕ ਕੁਲਵੰਤ ਸਿੰਘ ਦੀ ਜਿੱਤ ਦੀ ਖ਼ੁਸ਼ੀ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਾਏ ਗਏ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਹਿਜ ਪਾਠ ਦੇ ਭੋਗ ਪੈਣ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਸਾਬਕਾ ਕੌਂਸਲਰ ਅਤੇ ਆਪ ਨੇਤਾ ਸੁਰਿੰਦਰ ਸਿੰਘ ਰੋਡਾ ਸੋਹਾਣਾ, ਆਪ ਨੇਤਾ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸਾਬਕਾ ਕੌਂਸਲਰ – ਬੀਬੀ ਕਮਲਜੀਤ ਕੌਰ ਸੋਹਾਣਾ ਦੇ ਪਰਿਵਾਰ ਵੱਲੋਂ ਸਾਂਝੇ ਤੌਰ ਤੇ ਪਹਿਲੇ ਰੋਜ਼ ਤੋਂ ਰਖਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੇ ਆਪ ਦੇ ਹੱਕ ਵਿਚ ਮੁਕੰਮਲ ਫਤਵਾ ਦਿੱਤਾ ਹੈ ਅਤੇ ਹੁਣ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਦੀਆਂ ਉਮੀਦਾਂ ਤੇ ਖਰੇ ਉੱਤਰੀਏ । ਕੁਲਵੰਤ ਸਿੰਘ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਮੁਹਾਲੀ ਦੇ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ । ਹਲਕੇ ਭਰ ਵਿੱਚ ਸਿਹਤ ਸਹੂਲਤਾਂ ਨੂੰ ਲੀਹ ਤੇ ਲੈ ਕੇ ਆਂਦਾ ਜਾਵੇਗਾ ਅਤੇ ਹਲਕੇ ਭਰ ਦੇ ਅਤੇ ਸ਼ਹਿਰ ਦੇ ਨਾਲ -ਨਾਲ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਕੀਤਾ ਜਾਵੇਗਾ । ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸੁਰਿੰਦਰ ਸਿੰਘ ਰੋਡਾ ਸੋਹਣਾ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਜਿੱਤ ਦੀ ਖੁਸ਼ੀ ਵਿਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ । ਉਹ ਪ੍ਰਮਾਤਮਾ ਦੇ ਰੰਗ ਵਿੱਚ ਰੰਗੇ ਹੋਏ ਵਿਅਕਤੀ ਹਨ ਅਤੇ ਪ੍ਰਮਾਤਮਾ ਦਾ ਹਮੇਸ਼ਾਂ ਸ਼ੁਕਰਗੁਜ਼ਾਰ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ । ਇਸ ਮੌਕੇ ਤੇ ਸੁਰਿੰਦਰ ਸਿੰਘ ਰੋਡਾ ਸੋਹਾਣਾ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਵੱਲੋਂ ਸਾਂਝੇ ਤੌਰ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਤੇ ਕੁਲਵੰਤ ਸਿੰਘ ਵਿਧਾਇਕ ਮੋਹਾਲੀ ਦੇ ਨਾਲ- ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ ਸੋਹਾਣਾ, ਬੀਬੀ ਕੰਵਲਜੀਤ ਕੌਰ ਸੋਹਾਣਾ- ਸਾਬਕਾ ਕੌਂਸਲਰ, ਸਟੇਟ ਐਵਾਰਡੀ ਅਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਸਾਬਕਾ ਕੌਂਸਲਰ ਆਰ.ਪੀ. ਸ਼ਰਮਾ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਗੁਰਮੁਖ ਸਿੰਘ ਸੋਹਲ, ਰਾਜਿੰਦਰ ਕੌਰ ਕੁੰਭਡ਼ਾ ਜਸਵੀਰ ਕੌਰ ਅਤਲੀ, ਊਧਮ ਸਿੰਘ ਸੋਹਾਣਾ, ਸੰਤ ਸਿੰਘ ਚੌਧਰੀ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ ।