December 27, 2024

Chandigarh Headline

True-stories

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮਾਂ ਕਰਾਉਣ ਦੀ ਹਦਾਇਤ

1 min read

ਚੰਡੀਗੜ, 28 ਮਾਰਚ, 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਟੈਕਸ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਵੀਂ ਬੱਸ ਸਮਾਂ ਸਾਰਣੀ ਵਿੱਚ ਉਨਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਉਨਾਂ ਦਾ ਪਰਮਿਟ ਰੱਦ ਕਰ ਦਿੱਤਾ ਜਾਵੇਗਾ।

ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਸ. ਭੁੱਲਰ ਨੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੀ ਆਮਦਨ ਵਧਾਉਣ ਵੱਲ ਖ਼ਾਸ ਤਵੱਜੋ ਦਿੱਤੀ ਜਾਵੇ ਤਾਂ ਜੋ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ ਨੂੰ ਮੁੜ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ।

ਟਰਾਂਸਪੋਰਟ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਨੂੰ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦੇਣ ਦੇ ਮੰਤਵ ਹਿੱਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਦਫ਼ਤਰਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਵਿਭਾਗ ਵਿੱਚ ਬਾਇਉਮੀਟਕ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਭੁੱਲਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਤਰਜੀਹੀ ਤੌਰ ‘ਤੇ ਬੱਸ ਪਰਮਿਟ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਵਰਤੀ ਜਾਵੇ ਤੇ ਇਹ ਕਾਰਜ ਸਬੰਧਤ ਨੀਤੀ ਤਹਿਤ ਨੇਪਰੇ ਚਾੜਿਆ ਜਾਵੇ। ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਪਰਮਿਟ ਰੂਟਾਂ ਵਿੱਚ ਨਾਜਾਇਜ਼ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦਾ ਬੱਸ ਅੱਡੇ ਦੇ ਅੰਦਰੋਂ ਹੋ ਕੇ ਜਾਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਲੰਘਣਾ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਤੀਰਥ ਅਸਥਾਨਾਂ ‘ਤੇ ਜਾਣ ਦੇ ਚਾਹਵਾਨ ਲੋਕਾਂ ਦੀ ਇੱਛਾ ਪੂਰੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਨੂੰ ਖ਼ਾਸ ਤੌਰ ‘ਤੇ ਪੱਟੀ-ਮਾਤਾ ਚਿੰਤਪੁਰਨੀ-ਜਵਾਲਾ ਜੀ ਤੱਕ ਬੱਸ ਚਲਾਉਣ ਲਈ ਕਿਹਾ।

ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਡਾਇਰੈਕਟਰ ਟਰਾਂਸਪੋਰਟ-ਕਮ-ਐਮ.ਡੀ. ਪਨਬੱਸ ਸ੍ਰੀਮਤੀ ਅਮਨਦੀਪ ਕੌਰ ਅਤੇ ਐਮ.ਡੀ., ਪੀ.ਆਰ.ਟੀ.ਸੀ. ਪਰਨੀਤ ਸ਼ੇਰਗਿੱਲ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਲਿਆ ਜਾਇਜ਼ਾ, ਖੜੀਆਂ ਬੱਸਾਂ ਚਲਾਉਣ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਨੇ ਮੰਤਰੀ ਨੂੰ ਦੱਸਿਆ ਕਿ ਇਹ ਸਿਸਟਮ ਹੁਣ ਤੱਕ ਪਨਬੱਸ/ਪੰਜਾਬ ਰੋਡਵੇਜ ਦੀਆਂ 1354 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਆਮ ਲੋਕਾਂ ਖ਼ਾਸਕਰ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾ ਰਿਹਾ ਹੈ। ਬੱਸਾਂ ਦੇ ਪਾਰਦਰਸੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ ਵਿਖੇ ਸਥਾਪਤ ਕੀਤਾ ਗਿਆ ਹੈ, ਜਿਥੇ ਵੀ.ਟੀ.ਐਸ. ਰਾਹੀਂ ਬੱਸਾਂ ਦੀ ਤੇਜ ਰਫਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ ‘ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ ‘ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ। ਮੈਨੇਜਮੈਂਟ ਇਨਫ਼ਰਮੇਸ਼ਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬੱਸਾਂ ਵੱਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰਿਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਪੂਆਂ ‘ਚ ਖ਼ਾਲੀ ਖੜੀਆਂ ਬੱਸਾਂ ਨੂੰ ਚਲਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਤਰਾਂ ਮੰਤਰੀ ਨੇ ਡਿਪੂਆਂ ਵਿੱਚ ਡਰਾਈਵਰਾਂ ਅਤੇ ਕੰਡਕਟਰਾਂ ਦਾ ਸਟਾਫ਼ ਤਰਕਸੰਗਤ ਬਣਾਉਣ ਲਈ ਵੀ ਕਿਹਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..