January 2, 2025

Chandigarh Headline

True-stories

ਪੰਜਾਬ ਸਰਕਾਰ ਵੱਲੋਂ ਪੇਂਡੂ ਭੱਤਾ, ਸਰਹੱਦੀ ਇਲਾਕਾ ਤੇ ਹੋਰ ਭੱਤੇ ਬਹਾਲ ਨਾ ਕਰਨ ‘ਤੇ ਮੁਲਾਜ਼ਮਾਂ ‘ਚ ਬੇਚੈਨੀ

ਚੰਡੀਗੜ੍ਹ, 8 ਅਪ੍ਰੈਲ, 2022: ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਸਰਕਾਰ ਬਣਾਈ ਨੂੰ ਇੱਕ ਮਹੀਨਾ ਪੂਰ‍ਾ ਹੋਣ ਦੇ ਨੇੜੇ ਹੈ, ਪ੍ਰੰਤੂ ਸਰਕਾਰ ਵਲੋਂ ਹਾਲੇ ਤਕ ਪੇਂਡੂ ਖੇਤਰ ਭੱਤਾ, ਸਰਹੱਦੀ ਏਰੀਆ ਭੱਤਾ, ਵਿਕਲਾਂਗ ਸਫਰੀ ਭੱਤੇ ਸਮੇਤ ਕਈ ਕਿਸਮ ਦੇ ਹੋਰ ਭੱਤੇ, ਜਿਨ੍ਹਾਂ ਉੱਪਰ ਪਿਛਲੀ ਸਾਲ ਕਾਂਗਰਸ ਸਰਕਾਰ ਵੱਲੋਂ ਕੱਟ ਲਗਾ ਦਿੱਤਾ ਗਿਆ ਸੀ, ਅਜੇ ਤੱਕ ਬਹਾਲ ਕਰਨ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ ਗਿਆ, ਜਿਸ ਕਾਰਨ ‘ਕੱਟੇ ਗਏ ਸਾਰੇ ਭੱਤੇ’ ਬਹਾਲ ਹੋਣ ਦੀ ਆਸ ਲਾਈ ਬੈਠੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਿੱਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ।

ਇਸ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਚੋਣ ਤੋਂ ਪਹਿਲਾਂ, ਆਪ ਦੀ ਸਰਕਾਰ ਆਉਣ ਸਾਰ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੇ ਪੂਰੇ ਲਾਭ ਦੇਣ ਦੇ ਕੀਤੇ ਦਾਅਵੇ ਹਾਲੇ ਤੱਕ ਫੋਕੇ ਸਾਬਤ ਹੋਏ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕਰਦਿਆਂ, ਇਨ੍ਹਾਂ ਖੇਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਨੁਸਾਰ ਮਿਲਣਯੋਗ ਪੰਜ ਫ਼ੀਸਦੀ ਪੇਂਡੂ ਖੇਤਰ ਭੱਤੇ ਨੂੰ ਲਾਗੂ ਕਰਨ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਸਨ। ਇਸੇ ਤਰ੍ਹਾਂ ਪੰਜਾਬ ਦੇ ਛੇ ਜ਼ਿਲ੍ਹਿਆਂ ਨਾਲ ਲਗਦੇ ਅੰਤਰਰਾਸ਼ਟਰੀ ਬਾਰਡਰ ਨਾਲ ਲੱਗਦੇ ਇਲਾਕਿਆਂ ਵਿੱਚ ਸੇਵਾਵਾਂ ਦੇਣ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਸਰਹੱਦੀ ਏਰੀਆ ਭੱਤਾ, ਵਿਕਲਾਂਗ ਮੁਲਾਜ਼ਮਾਂ ਲਈ ਹੈਂਡੀਕੈਪ ਸਫਰੀ ਭੱਤਾ, ਸਪੈਸ਼ਲ ਟੀਚਰ ਭੱਤਾ, ਪ੍ਰਯੋਗੀ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਨੂੰ ਲਾਗੂ ਨਾ ਕਰਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦਾ ਗੁੱਸਾ ਸਹੇੜ ਲਿਆ ਸੀ।

ਜੱਥੇਬੰਦੀ ਦੇ ਸੂਬਾਈ ਆਗੂਆਂ ਜਗਪਾਲ ਬੰਗੀ, ਗੁਰਪਿਆਰ ਕੋਟਲੀ, ਗੁਰਮੀਤ ਸੁਖਪੁਰ, ਰਾਜੀਵ ਬਰਨਾਲਾ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਦਲਜੀਤ ਸਫੀਪੁਰ, ਪਵਨ ਕੁਮਾਰ ਹਰਜਿੰਦਰ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ ਨਛੱਤਰ ਸਿੰਘ, ਰੁਪਿੰਦਰ ਗਿੱਲ, ਸੁਖਦੇਵ ਡਾਨਸੀਵਾਲ, ਤਜਿੰਦਰ ਕਪੂਰਥਲਾ, ਸਮੇਤ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਵੱਲੋਂ ਵੀ ਨੇੜ ਭਵਿੱਖ ਵਿੱਚ ਮੁਲਾਜ਼ਮਾਂ ਦੇ ‘ਕੱਟੇ ਗਏ ਸਾਰੇ ਭੱਤੇ’ ਅਤੇ ਪੰਜਾਬ ਤਨਖਾਹ ਕਮਿਸ਼ਨ ਦੇ ਸਾਰੇ ਲਾਭ ਬਹਾਲ ਨਹੀ ਕੀਤੇ ਜਾਂਦੇ ਤਾਂ ਲਾਭ ਦੀ ਮੁਲਾਜ਼ਮ ਲਹਿਰ ਮੁੜ ਤੋਂ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..