ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ
ਚੰਡੀਗੜ, ਅਪ੍ਰੈਲ 11, 2022: ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜਿਆ ਜਾਵੇ।
ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।
ਉਨਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐਮ ਐਸ ਪੀ ਦੀ 138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿੱਚ 6.5 ਕਰੋੜ ਰੁਪਏ ਸੀ।
ਇਨਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।