ਪੰਜਾਬ ਸਰਕਾਰ ਵੱਲੋਂ ਵੱਖ ਵੱਖ ਯੂਨੀਅਨਾਂ ਨਾਲ 5 ਘੰਟੇ ਦੀ ਮੈਰਾਥਨ ਮੀਟਿੰਗ, ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਦਿੱਤਾ ਭਰੋਸਾ
1 min readਚੰਡੀਗੜ੍ਹ, 25 ਅਗਸਤ, 2022: ਪੰਜਾਬ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸਿਹਤ ਮੁਲਾਜ਼ਮਾਂ ਦੀਆਂ ਕਰੀਬ 25 ਯੂਨੀਅਨਾਂ ਨਾਲ ਮੈਰਾਥਨ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ ਸਿਹਤ ਮੰਤਰੀ ਨੇ ਖੁਦ ਵਿਭਾਗ ਵਿੱਚ ਕੰਮ ਕਰ ਰਹੀਆਂ ਵੱਖ-ਵੱਖ ਯੂਨੀਅਨਾਂ ਨੂੰ ਉਨ੍ਹਾਂ ਦੇ ਸੁਝਾਅ ਅਤੇ ਸ਼ਿਕਾਇਤਾਂ ਸੁਣਨ ਲਈ ਚੰਡੀਗੜ੍ਹ ਬੁਲਾਇਆ ਹੈ।
5 ਘੰਟੇ ਚੱਲੀ ਇਸ ਮੀਟਿੰਗ ਵਿੱਚ ਚੇਤਨ ਸਿੰਘ ਜੌੜਾਮਾਜਰਾ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਾਫੀ ਸਮਾਂ ਦਿੱਤਾ ਤਾਂ ਜੋ ਉਨ੍ਹਾਂ ਦੇ ਮਸਲਿਆਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਜਾ ਸਕੇ।
ਯੂਨੀਆਨਾਂ ਵੱਲੋਂ ਰੱਖੀਆਂ ਗਈਆਂ ਜ਼ਿਆਦਾਤਰ ਮੰਗਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਖਾਲੀ ਅਸਾਮੀਆਂ, ਸਟਾਫ ਦੀ ਘਾਟ, ਤਰੱਕੀਆਂ, ਤਨਖਾਹਾਂ ਵਧਾਉਣ ਅਤੇ ਵਿਭਾਗ ਨਾਲ ਸਬੰਧਤ ਕੁਝ ਹੋਰ ਆਮ ਮੁੱਦਿਆਂ ਨਾਲ ਸਬੰਧਤ ਸਨ।
ਯੂਨੀਅਨਾਂ ਦੇ ਨੁਮਾਇੰਦਿਆਂ ਨੇ ਇਸ ਗੱਲ ‘ਤੇ ਤਸੱਲੀ ਜ਼ਾਹਰ ਕੀਤੀ ਕੀ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨ ਅਤੇ ਪੂਰੀਆਂ ਕਰਨ ਲਈ ਉਨ੍ਹਾਂ ਨੂੰ ਇੱਥੇ ਬੁਲਾਇਆ ਹੈ।
ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਇਸ ਪਹਿਲਕਦਮੀ ਅਤੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਗੰਭੀਰਤਾ ਵਿਖਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸ਼ਲਾਘਾ ਕੀਤੀ।
ਇਸ ਮੀਟਿੰਗ ਵਿੱਚ ਜੌੜਾਮਾਜਰਾ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਸਿਹਤ ਢਾਂਚੇ ਨੂੰ ਸੁਚਾਰੂ ਬਣਾਉਣ ਲਈ ਪਹਿਲਾਂ ਹੀ ਯਤਨਸ਼ੀਲ ਹੈ ਅਤੇ ਸਿਹਤ ਸਟਾਫ਼ ਦੇ ਸਹਿਯੋਗ ਅਤੇ ਤਾਲਮੇਲ ਤੋਂ ਬਿਨਾਂ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੀ ਭਲਾਈ ਸੰਭਵ ਨਹੀਂ ਹੈ।
ਉਹਨਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਨੂੰ ਉਹਨਾਂ ਦੇ ਘਰ ਹੀ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ, ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਆਨਲਾਈਨ ਪ੍ਰਣਾਲੀ ਸ਼ੁਰੂ ਕਰਨ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਆਨਲਾਈਨ ਪ੍ਰਣਾਲੀ ਵਿਭਾਗ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਕੰਮਕਾਜ ਵਿੱਚ ਕੁਸ਼ਲਤਾ ਵਧਾਉਣ ‘ਚ ਮਦਦ ਕਰੇਗੀ।
ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਮੁਲਾਜ਼ਮ ਦੁਖੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਜਲਦੀ ਹੱਲ ਕਰੇਗੀ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਿੱਤੀ ਮਾਮਲਿਆਂ ਸਬੰਧੀ ਸਿਫ਼ਾਰਸ਼ਾਂ ਵਿੱਤ ਵਿਭਾਗ ਨੂੰ ਭੇਜ ਦਿੱਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਬਣਦੀਆਂ ਤਰੱਕੀਆਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ ਅਤੇ ਸਮਾਂਬੱਧ ਤਰੱਕੀਆਂ ਸਬੰਧੀ ਨੀਤੀ ਲਾਗੂ ਕੀਤੀ ਜਾਵੇਗੀ।
ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫਾਈਲਾਂ ਨੂੰ ਜਲਦ ਤੋਂ ਜਲਦ ਕਲੀਅਰ ਕਰਨ ਜਿਸ ਨਾਲ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਵੀ ਰਾਹਤ ਮਿਲੇਗੀ।
ਮੰਤਰੀ ਨੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਅਤੇ ਮਰੀਜ਼ਾਂ ਦੇ ਨਾਲ-ਨਾਲ ਉਹਨਾ ਦੇ ਅਟੈਂਡੀਜ਼ ਨਾਲ ਚੰਗਾ ਵਿਵਹਾਰ ਕਰਨ ਦੀ ਵੀ ਸਲਾਹ ਦਿੱਤੀ।
ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਸੂਬੇ ਵਿੱਚ ਡਾਕਟਰਾਂ, ਫੈਕਲਟੀਜ਼ ਅਤੇ ਹੋਰ ਪੈਰਾਮੈਡਿਕਸ ਦੀ ਘਾਟ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਖੋਜ ਅਤੇ ਮੈਡੀਕਲ ਸਿੱਖਿਆ ਦੇ ਡਾਇਰੈਕਟਰ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵੀ.ਸੀ. ਡਾ. ਅਵਿਨਾਸ਼ ਕੁਮਾਰ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹੈਲਥ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਰਾਹੁਲ ਗੁਪਤਾ, ਜੁਆਇੰਟ ਡੀ.ਆਰ.ਐਮ.ਈ. ਡਾ. ਅਕਾਸ਼ਦੀਪ ਅਗਰਵਾਲ, ਜੁਆਇੰਟ ਡੀ.ਆਰ.ਐਮ.ਈ. (ਡੈਂਟਲ) ਡਾ. ਪੁਨੀਤ ਗਿਰਧਰ, ਰਜਿਸਟਰਾਰ ਗੁਰੂ ਰਵਿਦਾਸ ਯੂਨੀਵਰਸਿਟੀ, ਹੁਸ਼ਿਆਰਪੁਰ ਡਾ. ਸੰਜੀਵ ਗੋਇਲ ਅਤੇ ਉਪ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀਮਤੀ ਮੁਨਰੀਤ ਰਾਣਾ ਮੌਜੂਦ ਸਨ।