ਪਰਾਲੀ ਸਾੜਨ ਵਿਰੁੱਧ ਜੀਰੋ ਸਹਿਣਸ਼ੀਲਤਾ ਅਪਣਾਉਂਦਿਆਂ ਮਾਨ ਸਰਕਾਰ ਵੱਲੋਂ ਡਿਊਟੀ ਵਿੱਚ ਕੁਤਾਹੀ ਲਈ ਚਾਰ ਖੇਤੀਬਾੜੀ ਅਧਿਕਾਰੀ ਮੁਅੱਤਲ
1 min readਚੰਡੀਗੜ, 30 ਅਕਤੂਬਰ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ‘ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਸਤੇ ਜਾਗਰੂਕ ਕਰਨ ਲਈ ਜੋਰਦਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜਮੀਨੀ ਪੱਧਰ ‘ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਰ ਇਨਾਂ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਢੁੱਕਵੀਂ ਪਾਲਣਾ ਨਹੀਂ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਲ ਹਨ।
ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਹ ਅਧਿਕਾਰੀ ਦਫਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਵਿਖੇ ਰਿਪੋਰਟ ਕਰਨਗੇ। ਉਨਾਂ ਅੱਗੇ ਦੱਸਿਆ ਕਿ ਮੁਅੱਤਲੀ ਦੌਰਾਨ ਇਨਾਂ ਅਧਿਕਾਰੀਆਂ ਨੂੰ ਨਿਯਮਾਂ/ਹਦਾਇਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।