ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਖਿਲਾਫ਼ ਕਾਰਵਾਈ ਲਈ ਪੰਜਾਬ ਦੇ ਰਾਜਪਾਲ ਨੂੰ ਬੇਨਤੀ: ਸੀ.ਈ.ਓ. ਡਾ. ਰਾਜੂ
1 min readਚੰਡੀਗੜ੍ਹ, 15 ਫਰਵਰੀ, 2022: ਭਾਰਤ ਚੋਣ ਕਮਿਸ਼ਨ (ਈਸੀਆਈ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਨੂੰ ਅਨੁਮੀਤ ਸਿੰਘ ਵਿਰੁੱਧ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਰਾਜ ਸੂਚਨਾ ਕਮਿਸ਼ਨਰ ਵਜੋਂ ਅਨੁਮੀਤ ਸਿੰਘ ਨੂੰ ਮਿਲੇ ਅਧਿਕਾਰਾਂ ਦੀ ਉਹਨਾਂ ਵੱਲੋਂ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਮੀਤ ਸਿੰਘ ਵੱਲੋਂ ਆਪਣੇ ਪਿਤਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਈ.ਸੀ.ਆਈ. ਦੇ ਪੱਤਰ ਵਿੱਚ ਲਿਖਿਆ ਹੈ, “ਸ਼ਿਕਾਇਤਕਰਤਾ ਵੱਲੋਂ ਭੇਜੀ ਗਈ ਵੀਡੀਓ/ਤਸਵੀਰਾਂ ਮੁਤਾਬਕ ਸ੍ਰੀ ਅਨੁਮੀਤ ਸਿੰਘ ਵੱਲੋਂ ਚੋਣ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਸਿਆਸੀ ਗਤੀਵਿਧੀ ਕਰਨ ਸਬੰਧੀ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ।”
ਪੱਤਰ ਵਿੱਚ ਅੱਗੇ ਲਿਖਿਆ ਹੈ “ਰਿਪੋਰਟਾਂ, ਤੱਥਾਂ, ਨਿਯਮਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੇ ਆਧਾਰ ‘ਤੇ, ਕਮਿਸ਼ਨ ਨੇ ਪਾਇਆ ਹੈ ਕਿ ਸ੍ਰੀ ਅਨੁਮੀਤ ਸਿੰਘ ਸੋਢੀ ਨੇ ਆਰ.ਟੀ.ਆਈ. ਐਕਟ ਦੇ ਆਮ ਉਪਬੰਧਾਂ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।”
ਇਸ ਦੌਰਾਨ, ਈ.ਸੀ.ਆਈ. ਨੇ ਰਾਜ ਸੂਚਨਾ ਕਮਿਸ਼ਨਰ ਦੇ ਸਕੱਤਰ ਨੂੰ ਇੱਕ ਪੱਤਰ ਵੀ ਲਿਖਿਆ ਹੈ, ” ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 12 (6) ਅਤੇ ਚੋਣਾਂ ਦੇ ਸਮੇਂ ਦੌਰਾਨ ਵੱਖ-ਵੱਖ ਕਮਿਸ਼ਨਾਂ ਦੇ ਮੈਂਬਰਾਂ ਦੇ ਦੌਰਿਆਂ ਸਬੰਧੀ ਕਮਿਸ਼ਨ ਦੀਆਂ ਮੌਜੂਦਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ, ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਸਾਰੇ ਸੂਚਨਾ ਕਮਿਸ਼ਨਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਪ੍ਰਚਾਰ ਕਰਦੇ ਸਮੇਂ ਉਹ ਸਰਕਾਰੀ ਵਾਹਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।”