December 21, 2024

Chandigarh Headline

True-stories

ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਮਾਨ ਸਰਕਾਰ ਦਾ ਪਹਿਲਾ ਸਾਲ: ਹਰਜੋਤ ਬੈਂਸ

ਚੰਡੀਗੜ੍ਹ, 17 ਮਾਰਚ, 2023: ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ।

ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ।

ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ । ਇਨ੍ਹਾਂ ਸਕੂਲਾਂ ਵਿਚ ਦਾਖਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੋਵੇਗਾ।

ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜ਼ੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰਾਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਗਈਆਂ ਹਨ।

ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ ‘ਤੇ ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2022 ਨੂੰ ਮੈਗਾ ਪੀਟੀਐੱਮ ਮੌਕੇ 15 ਲੱਖ ਮਾਪਿਆਂ ਨੇ ਸਕੂਲਾਂ ਵਿੱਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਚੈੱਕ ਕਰੀ ਜੋ ਕਿ ਇੱਕ ਰਿਕਾਰਡ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਾਮੀ ਵਰ੍ਹਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾ ਦੇਵੇਗੀ ਜਿੱਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਉਥੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..