December 23, 2024

Chandigarh Headline

True-stories

ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਨਾਂ ‘ਤੇ ਆਮ ਜਨਤਾ ਨੂੰ ਬੇਲੋੜਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ : ਮੁੱਖ ਮੰਤਰੀ ਦੀ ਪੁਲਿਸ ਨੂੰ ਹਦਾਇਤ

1 min read

ਚੰਡੀਗੜ੍ਹ, 2 ਅਪ੍ਰੈਲ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿਪ ਬਣਨ ਵਿੱਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਲੋੜੀਂਦੀਆਂ ਸੋਧਾਂ ਕਰਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ ਵਿਗੜੇ , ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿਪਾਂ ਦੀ ਘਾਟ ਕਾਰਨ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਅਤੇ ਆਰ.ਸੀ. ‘ ਸਾਰਥੀ ਅਤੇ ਵਾਹਨ ਪੋਰਟਲ’ ‘ਤੇ ਉਪਲਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰ.ਸੀ./ਡੀ.ਐਲ. ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..