December 22, 2024

Chandigarh Headline

True-stories

ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ: ਮੁੱਖ ਮੰਤਰੀ

1 min read

ਚੰਡੀਗੜ੍ਹ, 2 ਮਈ, 2023: ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ।

ਮੁੱਖ ਮੰਤਰੀ ਨੇ ਕਿਹਾ, “ਇਸ ਮਿਊਂਸਪਲ ਭਵਨ ਵਿਚ ਮੈਂ ਹਫ਼ਤੇ ਵਿਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ‘ਨਿਯੁਕਤੀ ਭਵਨ’ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।” ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 29000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।” ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ।

ਸਿਹਤ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਸਟਾਫ ਬਹੁਤ ਕਾਬਲ ਹੈ ਪਰ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਣ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਸਨ ਪਰ ਹੁਣ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ।

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫ਼ਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕਾਂ ਅਤੇ ਸਰਕਾਰ ਦਰਮਿਆਨ ਖਲਾਅ ਖਤਮ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕੰਮਕਾਜ ਲ਼ਈ ਜ਼ਿਲ੍ਹਾ ਦਫ਼ਤਰਾਂ ਜਾਂ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਲੋਕਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ

ਪ੍ਰਸਾਰਨ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਕਿ ਸਾਰੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੋਕ ਆਪਣੇ ਅੱਖੀਂ ਦੇਖ ਸਕਣ।
ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..