December 22, 2024

Chandigarh Headline

True-stories

ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

1 min read

ਚੰਡੀਗੜ੍ਹ, 4 ਮਈ, 2023: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

ਪਿਛਲੇ ਕੁਝ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪੀ.ਐਸ.ਪੀ.ਸੀ.ਐਲ. ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਲ ਇੰਜੀ. ਗੁਰਜਿੰਦਰ ਸਿੰਘ, ਐਸ.ਡੀ.ਓ. ਡੀ.ਐਸ. ਸਬ ਡਿਵੀਜ਼ਨ ਮੁਬਾਰਕਪੁਰ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਜਿਸ ‘ਤੇ ਉਦਯੋਗਿਕ ਕੁਨੈਕਸ਼ਨ ਜਾਰੀ ਕਰਨ ਦੇ ਮਾਮਲੇ ਵਿੱਚ ਬਿਨੈਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲੱਗੇ ਸਨ ਅਤੇ ਉਸ ਨੂੰ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਉਪਰੰਤ ਮਿਤੀ 28-04-2023 ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਦੇ ਟੈਕਨੀਕਲ ਆਡਿਟ ਵਿੰਗ ਵੱਲੋਂ ਜਾਂਚ ਉਪਰੰਤ ਪੀ.ਐਸ.ਪੀ.ਸੀ.ਐਲ. ਸਟੋਰਾਂ ਤੋਂ ਕੱਢੀ ਸਮੱਗਰੀ ਦੇ ਗਬਨ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਇੰਜੀ. ਹਰਜੀਤ ਸਿੰਘ ਐਸ.ਡੀ.ਓ. ਅਤੇ ਇੰਜੀ. ਦਰਸ਼ਨ ਸਿੰਘ ਐਸ.ਡੀ.ਓ. ਨੂੰ ਵੀ 28-04-2023 ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਉਸੇ ਕੇਸ ਵਿੱਚ ਡੀ.ਐਸ. ਸਬ-ਡਿਵੀਜ਼ਨ ਬੱਸੀਆਂ ਦੇ ਇੰਜੀ. ਛਿੰਦਰ ਪਾਲ ਸਿੰਘ ਐਸ.ਡੀ.ਓ., ਇੰਜੀ. ਦਲਜੀਤ ਸਿੰਘ ਜੇ.ਈ. ਅਤੇ ਲਾਈਨਮੈਨ ਅਜੀਤਪਾਲ ਸਿੰਘ ਨੂੰ ਵੀ ਵੱਡੇ ਪੱਧਰ ‘ਤੇ ਸਮੱਗਰੀ ਦੇ ਗਬਨ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੀ.ਐਸ.ਪੀ.ਸੀ.ਐਲ. ਦੇ ਆਡਿਟ ਵਿੰਗ ਵੱਲੋਂ ਕੀਤੀ ਗਈ ਜਾਂਚ ਉਪਰੰਤ ਪੀ.ਐਸ.ਪੀ.ਸੀ.ਐਲ. ਦੇ ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਇੰਜੀ. ਸੁਮੇਲ ਸਿੰਘ, ਵਧੀਕ ਐਸ.ਈ. ਡੀ.ਐਸ. ਡਿਵੀਜ਼ਨ, ਅਮਲੋਹ ਅਤੇ ਉਸ ਦੇ ਡਿਵੀਜ਼ਨਲ ਅਕਾਊਂਟੈਂਟ ਕਿਰਨ ਕੁਮਾਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਸੀਨੀਅਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵੱਲੋਂ ਕਿਸੇ ਵੀ ਪੱਧਰ ‘ਤੇ ਖਪਤਕਾਰਾਂ ਨਾਲ ਦੁਰਵਿਹਾਰ ਅਤੇ ਭ੍ਰਿਸ਼ਟਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਭਵਿੱਖ ਵਿੱਚ ਵੀ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਰਿਸ਼ਵਤਖੋਰੀ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣ ਅਤੇ ਜੇਕਰ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਦਫ਼ਤਰ ਨੂੰ ਸੂਚਨਾ ਦਿੱਤੀ ਜਾਵੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..