ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ
1 min readਚੰਡੀਗੜ੍ਹ, 16 ਮਈ, 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।
ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ ‘ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ।
ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ ‘ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।