ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਿਸ: ਡਾ. ਬਲਜੀਤ ਕੌਰ
![](https://www.chandigarhheadline.com/wp-content/uploads/2022/12/Baljit-Kaur-Dec-17-2022.jpg)
ਚੰਡੀਗੜ੍ਹ, 19 ਜੂਨ, 2023: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।