ਖਣਨ ਅਤੇ ਸੈਰ-ਸਪਾਟਾ ਵਿਭਾਗ ‘ਚ ਸਾਰਥਕ ਨਤੀਜਿਆਂ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ: ਹਰਜੋਤ ਸਿੰਘ ਬੈਂਸ
1 min readਚੰਡੀਗੜ੍ਹ, 24 ਮਾਰਚ, 2022: ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸੰਬੰਧ ‘ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ।
ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ ‘ਆਪ’ ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਅਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਅਤੇ ਜੇਲ੍ਹਾਂ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ।