ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਫਸਲ ਕੱਟਣ ਤੇ ਪਾਬੰਦੀ
ਮੋਹਾਲੀ, 31 ਮਾਰਚ, 2022: ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ਼ 1974 )ਦੀ ਧਾਰਾ 144 ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਫਸਲ ਕੱਟਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ ਨੂੰ ਸਾੜਨ ਤੇ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਸਾਰੀਆ ਕੰਬਾਇਨਾ ਨੂੰ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਵਾ ਕੇ ਹੀ ਵਰਤਿਆ ਜਾਵੇ । ਇਹ ਹੁਕਮ 31 ਮਾਰਚ ਤੋਂ 30 ਮਈ ਤੱਕ ਤੁਰੰਤ ਅਸਰ ਨਾਲ ਲਾਗੂ ਰਹਿਣਗੇ।
ਜਾਣਕਾਰੀ ਦਿੰਦੇ ਹੋਏ ਈਸ਼ਾ ਕਾਲੀਆ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਫ਼ਸਲ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਦੱਸਿਆ ਰਾਤ ਨੂੰ ਕੰਬਾਈਨਾ ਚਲਾਉਣ ਨਾਲ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕੰਬਾਈਨਾਂ ਜਦੋਂ ਰਾਤ ਵੇਲੇ ਕਣਕ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਉਸ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਸ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆ ਉਸ ਕਣਕ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ।
ਉਨ੍ਹਾਂ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਜਮੀਨ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਅਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ।
ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਚਲਾਈ ਜਾਵੇ।