ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਸੁਬੇਗ ਸਿੰਘ ਜੀ ਅਤੇ ਸ਼ਾਹਬਾਜ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਮੋਹਾਲੀ, 4 ਅਪ੍ਰੈਲ, 2022: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਸੁਬੇਗ ਸਿੰਘ ਜੀ ਅਤੇ ਭਾਈ ਸ਼ਾਹਬਾਜ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਕਵੀਸ਼ਰੀ ਜੱਥੇ ਨੇ ਮੁਗਲ ਹਕੂਮਤ ਵੇਲੇ ਕੌਮ ਅਤੇ ਧਰਮ ਦੀ ਆਜ਼ਾਦੀ ਲਈ ਭਾਈ ਸੁਬੇਗ ਸਿੰਘ ਜੀ ਅਤੇ ਸ਼ਾਹਬਾਜ ਸਿੰਘ ਜੀ ਵੱਲੋਂ ਚਰਖੜ੍ਹੀਆਂ ਤੇ ਚੜ੍ਹ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ।
ਭਾਈ ਬਲਦੇਵ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਨੇ ਆਪਣੇ ਪ੍ਰਵਚਨਾ ਰਾਹੀਂ ਮੁਗਲ ਹਕੂਮਤ ਸਮੇਂ ਦੇਸ਼ ਦੀ ਆਜ਼ਾਦੀ ਲਈ ਜੂਝਣ ਵਾਲੇ ਮਰਜੀਵੜੇ ਸਿੰਘਾਂ ਨੂੰ ਚਰਖੜ੍ਹੀਆਂ ਤੇ ਚਾੜ੍ਹ ਕੇ, ਆਰਿਆਂ ਨਾਲ ਚੀਰ ਕੇ, ਬੰਦ ਬੰਦ ਕੱਟ ਕੇ, ਦੇਗ ਵਿੱਚ ਉਬਾਲ ਕੇ, ਖੋਪਰੀਆਂ ਉਤਾਰ ਕੇ ਸ਼ਹੀਦ ਕਰਨ ਦੇ ਪ੍ਰਸੰਗ ਨੂੰ ਭਾਵਪੂਰਣ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਵਾ ਕੇ ਸਿੱਖੀ ਖੰਡਿਓ ਤਿੱਖੀ ਦੇ ਸਿਧਾਂਤ ਤੇ ਚਾਨਣਾ ਪਾਇਆ।
ਇਸ ਤੋਂ ਇਲਾਵਾ ਬੀਬੀ ਬਲਜੀਤ ਕੌਰ ਖਾਲਸਾ, ਭਾਈ ਮਹਿੰਦਰ ਸਿੰਘ , ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਮਨਜੀਤ ਸਿੰਘ, ਕਵੀਸ਼ਰ ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ ਜੀ, ਭਾਈ ਸੁਰਜੀਤ ਸਿੰਘ ਜੀ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਆਉਣ ਵਾਲੀ ਮਿਤੀ 11 ਅਪਰੈਲ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸ੍ਰੀ ਦਰਬਾਰ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ, ਇੰਨਟਰਨੈਸ਼ਲ ਪੰਥਕ ਢਾਡੀ ਜਥੇ, ਸ਼੍ਰੋਮਣੀ ਪ੍ਰਚਾਰਕ ਭਾਈ ਸਰਬਜੀਤ ਸਿੰਘ ਜੀ ਲੁਧਿਆਣੇ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।