December 21, 2024

Chandigarh Headline

True-stories

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ

1 min read

ਖੰਨਾ/ ਲੁਧਿਆਣਾ, 08 ਅਪ੍ਰੈਲ, 2022: ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਆਖੀ।

ਇਸ ਮੌਕੇ ਮੈਸ. ਖੁਸੀ ਰਾਮ ਐਂਡ ਕੰਪਨੀ ਦੇ ਫੜ ‘ਤੇ ਰਾਜਵੰਤ ਕੌਰ ਪਤਨੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸਨਰ ਲੁਧਿਆਣਾ ਵਰਿੰਦਰ ਕੁਮਾਰ ਸਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਸੂਬੇ ਵਿਚ 2262 ਮੰਡੀਆਂ ਹਨ, ਜਿਨਾਂ ਵਿਚ 1862 ਪੱਕੀਆਂ ਹਨ ਤੇ 400 ਆਰਜੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਦੀ ਆਸ ਹੈ।

ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐਮ. ਐਸ. ਪੀ. ਤੋਂ ਵੱਧ ਭਾਅ ਉੱਤੇ ਕਣਕ ਖਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ ਵਿੱਚੋਂ ਟੈਕਸ ਭਰ ਕੇ ਵਪਾਰੀਆਂ ਵਲੋਂ ਨਿਰਵਿਘਨ ਕਣਕ ਖਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜਮਾਨਾ ਨਵਾਂ ਆਗਿਆ ਹੈ।

ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖਤ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਮ.ਐਲ. ਏ. ਤਰਨਪ੍ਰੀਤ ਸਿੰਘ ਸੌਂਧ , ਵਿੱਤ ਕਮਿਸਨਰ ਖੇਤੀਬਾੜੀ ਤੇ ਕਿਸਾਨ ਭਲਾਈ, ਡੀ.ਕੇ. ਤਿਵਾੜੀ, ਡਿਪਟੀ ਡਾਇਰੈਕਟਰ (ਫੀਲਡ) ਮੁਨੀਸ ਨਰੂਲਾ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ (ਵੈਸਟ) ਹਰਵੀਨ ਕੌਰ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ (ਈਸਟ) ਸਿਫਾਲੀ ਚੋਪੜਾ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..