ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਘਬਰਾਹਟ ਵਿਚ ਨਾ ਆਉਣ ਕਿਸਾਨ, ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ : ਬ੍ਰਮ ਸ਼ੰਕਰ ਜਿੰਪਾ
1 min read![](https://www.chandigarhheadline.com/wp-content/uploads/2022/04/Jimpa-April-15-202.jpg)
ਹੁਸ਼ਿਆਰਪੁਰ, 15 ਅਪ੍ਰੈਲ, 2022: ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿਚ ਪਿੰਡ ਪੱਟੀ ਦੇ ਕਿਸਾਨ ਮੰਗਲ ਸਿੰਘ ਦੀ ਕਣਕ ਦੀ ਢੇਰੀ ਤੋਂ ਕਣਕ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੇ ਸੁੰਗੜੇ ਦਾਣਿਆਂ ਸਬੰਧੀ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਛੋਟੀ ਤੋਂ ਛੋਟੀ ਸਮੱਸਿਆ ਪ੍ਰਤੀ ਚਿੰਤਤ ਹੈ ਅਤੇ ਹਰ ਸਮੱਸਿਆ ਦੇ ਹੱਲ ਲਈ ਪੂਰਾ ਯਤਨ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀਆਂ ਸਮੇਤ ਫ਼ਸਲ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਵਲੋਂ ਅਨਾਜ ਮੰਡੀ ਵਿਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਵੱਖ-ਵੱਖ ਢੇਰੀਆਂ ’ਤੇ ਜਾ ਕੇ ਕਣਕ ਦੀ ਫ਼ਸਲ ਦੇਖਦੇ ਹੋਏ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 64 ਮੰਡੀਆਂ ਵਿਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਸੁਵਿਧਾ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਰੀਬ 3,75,687 ਮੀਟ੍ਰਿਕ ਟਨ ਕਣਕ ਦੀ ਆਮਦ ਦੀ ਆਸ ਹੈ, ਜਿਸ ਦੀ ਖਰੀਦ ਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ੁਕਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 11585 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ 4.09 ਕਰੋੜ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਲੋੜੀਂਦਾ ਬਾਰਦਾਨਾ ਉਪਲਬੱਧ ਹੈ।
ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਰੇਨੂੰ ਬਾਲਾ ਵਰਮਾ, ਆੜਤੀ ਆਸਸੀਏਸ਼ਨ ਦੇ ਚੇਅਰਮੈਨ ਪੰਡਤ ਤਰਸੇਮ ਮੋਦਗਿਲ, ਪ੍ਰਧਾਨ ਜਗਦੀਸ਼ ਪਾਲ, ਨਰਿੰਦਰ ਮੋਹਨ ਸ਼ਰਮਾ, ਸੰਦੀਪ ਸੈਣੀ, ਵਰਿੰਦਰ ਸ਼ਰਮਾ ਬਿੰਦੂ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।