ਮਲੇਰੀਆ ਦੇ ਖਾਤਮੇ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ: ਬ੍ਰਮ ਸ਼ੰਕਰ ਜਿੰਪਾ
1 min readਹੁਸ਼ਿਆਰਪੁਰ, 25 ਅਪ੍ਰੈਲ, 2022: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਲੇਰੀਆ ਤੇ ਡੇਂਗੂ ਵਰਗੀਆਂ ਬੀਮਾਰੀਆਂ ਦੇ ਖਾਤਮੇ ਲਈ ਖੁਦ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ, ਤਾਂ ਹੀ ਇਨ੍ਹਾਂ ਬਿਮਾਰੀਆਂ ’ਤੇ ਕਾਬੂ ਪਾਇਆ ਜਾ ਸਕੇਗਾ। ਉਹ ਅੱਜ ਵਿਸ਼ਵ ਮਲੇਰੀਆ ਦਿਵਸ ’ਤੇ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਮਲੇਰੀਆ ਨਾਲ ਸਬੰਧਤ ਜਾਗਰੂਕਤਾ ਪੋਸਟਰ ਵੀ ਰਲੀਜ਼ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਲੇਰੀਆ ਨੂੰ ਫੈਲਣ ਤੋਂ ਰੋਕਣ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਆਪਣੇ ਆਸ-ਪਾਸ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਸਿਹਤ ਵਿਭਾਗ, ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਇਕਜੁੱਟਤਾ ਨਾਲ ਮਲੇਰੀਆ ਦੇ ਖਾਤਮੇ ਲਈ ਕੰਮ ਕਰਨ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ’ਤੇ ਵੀ ਫੋਕਸ ਕੀਤਾ ਜਾਵੇ।
ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ 2027 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨਾ ਹੈ ਅਤੇ ਇਸ ਟੀਚੇ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਸਮੇਂ-ਸਮੇਂ ’ਤੇ ਜਾਗਰੂਕਤਾ ਅਭਿਆਨ ਚਲਾ ਕੇ ਮਲੇਰੀਆ, ਡੇਂਗੂ ਚਿਕਨਗੂਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।
ਇਸ ਮੌਕੇ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ, ਡਾ. ਡੀ.ਪੀ. ਸਿੰਘ, ਸਾਬਕਾ ਕੌਂਸਲਰ ਅਜੇ ਮੋਹਨ ਬੱਬੀ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਵਰਿੰਦਰ ਸ਼ਰਮਾ ਬਿੰਦੂ, ਸਤਵੰਤ ਸਿੰਘ, ਡਾ. ਚੰਦਰ ਮੋਹਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਦੇਸ਼ ਭਗਤ ਟੈਕਨੀਕਲ ਕਾਲਜ ਵਿਚ 22ਵੀਂ ਸਲਾਨਾ ਕਨਵੋਕੇਸ਼ਨ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਟੈਕਨੀਕਲ ਕੋਰਸ ਕਰਨ ਵਾਲੇ 200 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦਿਆਂ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਅਤੇ ਐਮ.ਡੀ. ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।