ਮੋਹਾਲੀ ਹਲਕਾ ਵਿਧਾਇਕ ਵੱਲੋਂ ਬਲੌਂਗੀ ਵਿਖੇ ਟਿਊਬਵੈੱਲ ਦਾ ਕੀਤਾ ਗਿਆ ਉਦਘਾਟਨ
1 min readਐਸ.ਏ.ਐਸ ਨਗਰ, 8 ਮਈ, 2022: ਸਥਾਨਕ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਮੋਹਾਲੀ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਬਲੌਂਗੀ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗਰਮੀਆਂ ਦੌਰਾਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਦੋ ਹੋਰ ਟਿਊਬਵੈੱਲ ਲਗਾਏ ਜਾਣਗੇ ਅਤੇ ਫਿਰਨੀ ਦੀ ਸੜਕ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ ।
ਵਧੇਰੇ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦੇ ਕੇ ਸੱਤਾ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰੇਗੀ ਅਤੇ ਹਰ ਕੀਤੇ ਹੋਏ ਵਾਅਦੇ ਨੂੰ ਪੂਰਾ ਕਰੇਗੀ ।ਉਨ੍ਹਾਂ ਦੱਸਿਆ ਕਿ ਇਕ ਮਹੀਨੇ ਦੇ ਅੰਦਰ ਬਲੌਂਗੀ ਵਾਸੀਆਂ ਦੀ ਪਾਣੀ ਦੀ ਵੱਡੀ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ l ਉਨ੍ਹਾਂ ਸਥਾਨਕ ਲੋਕਾਂ ਦੀਆਂ ਹੋਰ ਸਮੱਸਿਆਵਾਂ ਨੂੰ ਸੁਣਿਆ ਅਤੇ ਛੇਤੀ ਹੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ।
ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਵਿਧਾਇਕ ਹਲਕਾ ਮੋਹਾਲੀ ਨੂੰ ਪਿਛਲੇ ਦਿਨਾਂ ‘ਚ ਬਲੌਂਗੀ ਵਿਖੇ ਪੀਣ ਵਾਲੇ ਪਾਣੀ ਦੀ ਆ ਰਹੀ ਕਮੀ ਦੀ ਸ਼ਿਕਾਇਤ ਫੋਨ ਕਾਲ ਰਾਹੀਂ ਪ੍ਰਾਪਤ ਹੋਈ ਸੀ। ਮਿਲੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਕਰੀਬ ਇੱਕ ਮਹੀਨੇ ਦੇ ਅੰਦਰ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਲਗਾ ਕੇ ਲੋਕਾਂ ਦੀ ਵੱਡੀ ਸਮੱਸਿਆ ਨੂੰ ਹੱਲ ਕੀਤਾ ਹੈ।ਇਸ ਦੌਰਾਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।
ਇਸ ਮੌਕੇ ਪਿੰਡ ਦੇ ਸਰਪੰਚ, ਪੰਚ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।