ਮਹੀਨਾਵਾਰ ਮੀਟਿੰਗ ਦੌਰਾਨ ਅਮਿਤ ਤਲਵਾੜ ਵਲੋਂ ਮਾਲ ਵਿਭਾਗ ਦੇ ਕੰਮਾਂ ਦੀ ਕੀਤੀ ਗਈ ਸਮੀਖਿਆ
1 min readਐਸ.ਏ.ਐਸ. ਨਗਰ, 25 ਮਈ, 2022: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮਾਲ ਸਬੰਧੀ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਮਹੀਨਾਵਾਰ ਮੀਟਿੰਗ ਦੌਰਾਨ ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮਨੋਰਥ ਰੈਵਨਿਊ ਵਿਭਾਗ ਅਧੀਨ ਚਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਮਿਲੀਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿਚ ਹੱਲ ਕਰਨ ਨੂੰ ਯਕੀਨੀ ਬਣਾਉਣਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਇੰਤਕਾਲਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਸਮੂਹ ਤਹਿਸੀਲਦਾਰਾਂ ਨੂੰ ਇਹ ਵੀ ਯਕੀਨੀ ਬਣਾਉਣ ਨੂੰ ਕਿਹਾ ਕਿ ਕਿਸੇ ਵੀ ਸੈਂਟਰ ਤੇ ਅਸਟਾਮ ਪੇਪਰਾਂ ਦੀ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਨਿਜੀ ਤੌਰ ‘ਤੇ ਚੈਕਿੰਗ ਕਰ ਕੇ ਹਰ ਥਾਂ ‘ਤੇ ਲੋੜੀਦੀ ਮਾਤਰਾ ਵਿੱਚ ਅਸਟਾਮ ਪੇਪਰਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਗੇ ਤਾਂ ਕਿ ਆਮ ਜਨਤਾ ਨੂੰ ਕਿਸੇ ਕਿਸਮ ਦੀ ਔਖਿਆਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਵੀ ਇਸ ਸੰਬਧੀ ਸਮੇਂ ਸਮੇਂ ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ।
ਇਸ ਮੌਕੇ ਉਨਾਂ ਜ਼ਿਲ੍ਹੇ ਨਾਲ ਸਬੰਧਤ ਐਸ.ਡੀ.ਐਮਜ, ਤਹਿਸੀਲਦਾਰ , ਨਾਇਬ ਤਹਿਸੀਲਦਾਰਾਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਨੰਬਰਦਾਰਾਂ ਦਾ ਤਹਿਸੀਲਾਂ ਵਿੱਚ ਸਮੇਂ ਸਿਰ ਹਾਜ਼ਰ ਹੋਣ ਨੂੰ ਯਕੀਨੀ ਬਣਾਇਆ ਤਾਂ ਜੋ ਪੈਂਡਿੰਗ ਪਏ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਰਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਸਟਾਫ ਜਾਂ ਬੁਨਿਆਦੀ ਢਾਚੇ ਸਬੰਧੀ ਕੋਈ ਜ਼ਰੂਰਤ ਹੈ ਤਾਂ ਇਸ ਸਬੰਧੀ ਲਿਖਤੀ ਰੂਪ ਵਿੱਚ ਮੰਗ ਰੱਖੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਪੈਡਿੰਗ ਕੇਸ ਹੱਲ ਕੀਤੇ ਜਾਣ । ਉਨ੍ਹਾਂ ਕਿਹਾ ਕਿ ਕੰਮਾਂ ਲਈ ਆਨਲਾਈਨ ਸਾਫਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ ।
ਮੀਟਿੰਗ ਵਿੱਚ ਅਮਰਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਹਰਬੰਸ ਸਿੰਘ ਐਸਡੀਐਮ ਮੋਹਾਲੀ, ਰਵਿੰਦਰ ਸਿੰਘ ਐੱਸ ਡੀ ਐੱਮ ਖਰੜ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁਖੀ ਵੀ ਹਾਜ਼ਰ ਸਨ l