ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਵਚਨਬੱਧ: ਅਮਨ ਅਰੋੜਾ
ਲੌਂਗੋਵਾਲ, 24 ਦਸੰਬਰ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਯੋਜਿਤ ‘ਮੈਗਾ ਮਾਪੇ ਅਧਿਆਪਕ ਮਿਲਣੀ’ ਨੇੜ ਭਵਿੱਖ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਲਿਆਉਣ ਵਿੱਚ ਸਫ਼ਲ ਸਾਬਿਤ ਹੋਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਂਗੋਵਾਲ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਅਰੋੜਾ ਨੇ ਇਸ ਮੌਕੇ ਬੋਲਦਿਆ ਕਿਹਾ ਕਿ ਮੁੱਖ ਮੰਤਰੀ ਸਭਗਵੰਤ ਮਾਨ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਨੂੰ ਹਰ ਪੱਖੋਂ ਮਜ਼ਬੂਤ ਕਰਕੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਦੇ ਬਰਾਬਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਉਦੇਸ਼ ਦੀ ਪੂਰਤੀ ਕਰਨ ਲਈ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਯੋਗਦਾਨ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿੱਚ ਭਰਪੂਰ ਨਿਖਾਰ ਲਿਆਉਣ ਲਈ ਯਤਨਸ਼ੀਲ ਹਨ ਅਤੇ ਮਾਪਿਆਂ ਨੂੰ ਵੀ ਪੂਰੀ ਜ਼ਿੰਮੇਵਾਰੀ ਨਾਲ ਅਧਿਆਪਕਾਂ ਨਾਲ ਲਗਾਤਾਰ ਸੰਪਰਕ ਰੱਖਦੇ ਹੋਏ ਬੱਚਿਆਂ ਦੀ ਸ਼ਖ਼ਸੀਅਤ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਉਸਾਰੂ ਮਾਹੌਲ ਪ੍ਰਦਾਨ ਕਰਦੇ ਹੋਏ ਜਿੰਨਾ ਸਮਾਂ ਅਤੇ ਸਾਰਥਕ ਯਤਨ ਅਮਲ ਵਿੱਚ ਲਿਆਂਦੇ ਜਾਣਗੇ, ਬੱਚਿਆਂ ਦੀ ਪ੍ਰਤਿਭਾ ਵਿੱਚ ਓਨਾ ਹੀ ਨਿਖਾਰ ਆਵੇਗਾ।
ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ, ਅਤਿ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਡੇ ਬੱਚੇ ਅਕਾਦਮਿਕ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਦਰਜ ਕਰ ਸਕਣ। ਉਨ੍ਹਾਂ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਲਈ ਹੀ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਹੈ।
ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਵੱਲੋਂ ਆਪਣੇ ਸੁਝਾਅ ਵੀ ਸਾਂਝੇ ਕੀਤੇ ਗਏ।ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਿਵਰਾਜ ਕਪੂਰ ਵੀ ਹਾਜ਼ਰ ਸਨ।