ਪੰਜਾਬ ਦੇ 20 ਹਜ਼ਾਰ ਸਕੂਲਾਂ ਚ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ ਚ ਪੁੱਜੇ 10 ਲੱਖ ਤੋਂ ਵੱਧ ਮਾਪੇ
1 min readਪਟਿਆਲਾ, 24 ਦਸੰਬਰ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਆਧੁਨਿਕ ਸਰਕਾਰੀ ਸਕੂਲ ਹਰ ਖੇਤਰ ਵਿੱਚ ਅਜਿਹੇ ਆਗੂ ਪੈਦਾ ਕਰਨਗੇ, ਜੋ ਦੇਸ਼ ਨੂੰ ਸਿਖਰ ‘ਤੇ ਲੈ ਜਾਣਗੇ। ਇੱਥੇ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਕਰਵਾਈ ਅਧਿਆਪਕ-ਮਾਪੇ ਮਿਲਣੀ (ਪੀ.ਟੀ.ਐਮ.) ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਉਹ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਨਿਰਮਾਤਾ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਵਿਦਿਆਰਥੀ ਆਪਣੀ ਮਿਹਨਤ ਅਤੇ ਸਫ਼ਲਤਾ ਨਾਲ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਯੋਗਤਾਵਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਨੌਜਵਾਨ ਦੇਸ਼ ਲਈ ਸਫ਼ਲਤਾ ਦੀ ਨਵੀਂ ਇਬਾਰਤ ਲਿਖਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰੀ ਸਕੂਲ ਪੰਜਾਬ ਦੀ ਸਫ਼ਲਤਾ ਦੀਆਂ ਕਹਾਣੀਆਂ ਆਪ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਸੁਪਨਾ ਨੌਕਰਸ਼ਾਹ, ਡਾਕਟਰ, ਇੰਜਨੀਅਰ ਅਤੇ ਹੋਰ ਕਿੱਤਿਆਂ ਵਿੱਚ ਸਫ਼ਲ ਹੋਣ ਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਕੱਚੀ ਮਿੱਟੀ ਦੇ ਖਿਡੌਣਿਆਂ ਵਾਂਗ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਧਾਰ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਪੰਜਾਬ ਵਿੱਚ ਯੂਨਿਟ ਸਥਾਪਤ ਕਰਨ ਲਈ ਕਈ ਉਦਯੋਗਿਕ ਕਾਰੋਬਾਰੀਆਂ ਨਾਲ ਰਾਬਤਾ ਤੇ ਸਹਿਯੋਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦਯੋਗਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਵਿਦਿਆਰਥੀ ਸੂਬੇ ਵਿੱਚ ਸਥਾਪਤ ਹੋਣ ਵਾਲੀਆਂ ਵੱਡੀਆਂ ਉਦਯੋਗਿਕ ਇਕਾਈਆਂ ਨੂੰ ਚਲਾਉਣਗੇ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਸਰਕਾਰ ਦਾ ਅਹੁਦਾ ਸੰਭਾਲਿਆ ਹੈ, ਪੰਜਾਬ ਲਈ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਮਹਾਰਾਜਿਆਂ ਜਾਂ ਬਾਦਲਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਇਸ ਦਾ ਫਲ ਪੰਜਾਬੀਆਂ ਨੂੰ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।
ਵਿਰੋਧੀ ਧਿਰਾਂ ਉੱਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਪੱਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਇਹ ਆਲੋਚਨਾ ਪੂਰੀ ਤਰਾਂ ਤਰਕਹੀਣ ਹੈ ਅਤੇ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਤੇ ਮਨਸੂਬਿਆਂ ਉੱਤੇ ਆਧਾਰਿਤ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਅਜਿਹਾ ਕਰਨ ਨਾਲ ਉਹ ਉਨ੍ਹਾਂ ਨੂੰ ਆਪਣੀ ਜ਼ਿਮੇਵਾਰੀ ਚੰਗੀ ਤਰ੍ਹਾਂ ਨਿਭਾਉਣ ਤੋਂ ਨਹੀਂ ਰੋਕ ਸਕਦੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਨਾਲ ਪੀ.ਟੀ.ਐਮ. ਵਿੱਚ ਵਿਦਿਆਰਥੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਟੀਚਿਆਂ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਮੈਗਾ ਪੀਟੀਐਮ ਕਰਵਾਉਣ ਦੀ ਇਸ ਕਵਾਇਦ ਦਾ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ।
ਇਸ ਦੌਰਾਨ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕੀਤੇ ਗਏ ਉਪਰਾਲੇ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੇ ਹਾਣ ਦਾ ਬਣਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਬੱਚੇ ਦੀ ਰੁਚੀ ਬਾਰੇ ਵੀ ਕਾਫੀ ਕੁਝ ਪਤਾ ਲੱਗਾ ਹੈ। ਸੂਬੇ ਭਰ ਦੇ 20 ਹਜ਼ਾਰ ਸਕੂਲਾਂ ਵਿੱਚ ਕਰਵਾਈ ਆਪਣੀ ਤਰ੍ਹਾਂ ਦੀ ਪਹਿਲੀ ਅਧਿਆਪਕ-ਮਾਪੇ ਮਿਲਣੀ ਵਿੱਚ 10 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।
ਉਨ੍ਹਾਂ ਸਰਕਾਰੀ ਸਕੂਲ ਵਿੱਚ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਇੱਥੇ ਕਰਵਾਈ ਜਾਂਦੀ ਪੜ੍ਹਾਈ ਨੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੇ ਕਾਨਵੈਂਟ ਦੇ ਪੜ੍ਹ ਦੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਇਆ ਹੈ।
ਇਸ ਦੌਰਾਨ ਸਕੂਲ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਬਾਜ਼ੀਗਰ, ਸਿਮਰਨਜੀਤ ਕੌਰ ਪਠਾਣਮਾਜਰਾ, ਮੁੱਖ ਮੰਤਰੀ ਦਫ਼ਤਰ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਮੁੱਖ ਮੰਤਰੀ ਦੇ ਸਪੈਸ਼ਲ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਕੋ-ਇੰਚਾਰਜ ਪ੍ਰੀਤੀ ਮਲਹੋਤਰਾ, ਸੂਬਾ ਸਕੱਤਰ ਜਰਨੈਲ ਸਿੰਘ ਮੰਨੂ, ਸ਼ਹਿਰੀ ਆਪ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਮੇਜਰ ਆਰ.ਪੀ.ਐਸ. ਮਲਹੋਤਰਾ, ਆਪ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਐਸ.ਸੀ. ਵਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਰਾਮਗੜ੍ਹ, ਬੀ.ਸੀ. ਵਿੰਗ ਸੂਬਾ ਪ੍ਰਧਾਨ ਰਣਜੋਧ ਸਿੰਘ ਹਡਾਣਾ, ਮੁਲਾਜਮ ਵਿੰਗ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਵਜੀਰ ਸਿੰਘ ਖਹਿਰਾ, ਐਸ.ਡੀ.ਐਮ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ, ਡਿਪਟੀ ਡੀ.ਈ.ਓ. ਮਨਿੰਦਰ ਕੌਰ, ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲਬੀਰ ਸਿੰਘ ਜੌੜਾ ਅਤੇ ਵੱਡੀ ਗਿਣਤੀ ਸਕੂਲ ਦੇ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਸਕੂਲ ਅਧਿਆਪਕ ਮੌਜੂਦ ਸਨ।