December 23, 2024

Chandigarh Headline

True-stories

ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ: ਕੁਲਦੀਪ ਧਾਲੀਵਾਲ

1 min read

ਚੰਡੀਗੜ੍ਹ, 17 ਜਨਵਰੀ, 2023: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ, 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ (ਵੱਖ-ਵੱਖ ਕਿੱਤਿਆਂ ਨਾਲ ਸਬੰਧਤ) ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ, ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਪਾਕਿਸਤਾਨ ਬਾਡਰ ਨਾਲ ਲੱਗਦਾ ਖੇਤਰ ਪੂਰੇ ਵਿਸ਼ਵ ਵਿੱਚ ਉੱਚ ਦਰਜੇ ਦੀ ਬਾਸਮਤੀ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਇਸ ਨਵੀਂ ਖੇਤੀ ਨੀਤੀ ਵਿੱਚ ਬਾਸਮਤੀ ਨੂੰ ਪਰਮਲ ਝੋਨੇ ਦੇ ਬਦਲ ਵਜੋਂ ਅਪਨਾਉਣ ਅਤੇ ਬਾਸਮਤੀ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਦੀ ਤਜਵੀਜ਼ ਵੀ ਸ਼ਾਮਲ ਕੀਤੀ ਜਾਵੇਗੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..