ਜਲੰਧਰ ਜ਼ਿਮਨੀ ਚੋਣ: ਹਲਕੇ ਦੇ ਕੋਟ ਫਤੂਹੀ ਤੋਂ ਸੰਤ ਬਾਬਾ ਗੁਰਮੁਖ ਸਿੰਘ ਨੇ ਸਮੂਹ ਸੰਗਤ ਸਮੇਤ ‘ਆਪ’ ਨੂੰ ਦਿੱਤਾ ਸਮਰਥਨ
ਜਲੰਧਰ, 3 ਮਈ, 2023: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈਕੇ ‘ਆਪ’ ਨੂੰ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਵਿੱਚ ਵੱਡੀ ਪੱਧਰ ‘ਤੇ ਸਮਰਥਨ ਮਿਲ ਰਿਹਾ ਹੈ। ਜਿਵੇਂ ਜਿਵੇਂ ਚੋਣ ਦਾ ਦਿਨ ਨੇੜੇ ਆ ਰਿਹਾ ਹੈ, ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਪਾਰਟੀ ਵਲੋਂ ਵਿੱਢੀ ਗਈ ਚੋਣ ਮੁਹਿੰਮ ਨੂੰ ਲੈਕੇ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਕੋਟ ਫਤੂਹੀ ਤੋਂ ਸੰਤ ਬਾਬਾ ਗੁਰਮੁਖ ਸਿੰਘ ਜੀ ਨੇ ਵੱਡੀ ਗਿਣਤੀ ਵਿੱਚ ਸੰਗਤਾਂ ਸਮੇਤ ਆਪ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਸ਼ੇਰਗਿੱਲ ਅਤੇ ਰਾਓ ਕੈਂਡੋਵਾਲ ਦੇ ਯਤਨਾਂ ਸਦਕਾ ਕੋਟ ਫਤੂਹੀ ਤੋਂ ਸੰਤ ਬਾਬਾ ਗੁਰਮੁਖ ਸਿੰਘ ਜੀ ਨੇ ਜਲੰਧਰ ਲੋਕ ਸਭਾ ਦਫ਼ਤਰ ਪੁੱਜ ਕੇ ਆਪਣੀਆਂ ਸਮੂਹ ਸੰਗਤਾਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦਿੱਤਾ। ਸੰਤ ਬਾਬਾ ਗੁਰਮੁਖ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਹਿੱਤਾਂ ਲਈ ਕੰਮ ਕਰ ਰਹੀ ਹੈ। ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਉਨ੍ਹਾਂ ਨੇ ਆਪਣੀਆਂ ਸੰਗਤਾਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਦੇਣ ਫੈਸਲਾ ਕੀਤਾ ਹੈ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਵੀ ਕੀਤਾ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਸਰਦਾਰ ਹਰਚੰਦ ਸਿੰਘ ਬਰਸਟ ਨੇ ਬਾਬਾ ਗੁਰਮੁਖ ਸਿੰਘ ‘ਤੇ ਸਮੂਹ ਸੰਗਤਾਂ ਦਾ ਪਾਰਟੀ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਕੇਵਲ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ਵਲੋਂ ਹਰ ਤਬਕੇ ਅਤੇ ਧਰਮ ਦੇ ਲੋਕਾਂ ਲਈ ਬਿਨਾਂ ਕੋਈ ਵਿਤਕਰਾ ਕੀਤੇ ਨਵੀਆਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਸੂਝਵਾਨ ਲੋਕ ‘ਆਪ’ ਨੀਤੀਆਂ ‘ਤੇ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਭਰਪੂਰ ਸਮਰਥਨ ਦੇ ਰਹੇ ਹਨ। ਉਨ੍ਹਾਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵਲੋਂ ਜਲੰਧਰ ਜ਼ਿਮਨੀ ਚੋਣ ਵਿੱਚ ਵੱਡੇ ਫਰਕ ਨਾਲ ਇੱਕ ਤਰਫ਼ਾ ਜਿੱਤ ਹਾਸਲ ਕਰਨ ਦਾਅਵਾ ਕੀਤਾ।