December 23, 2024

Chandigarh Headline

True-stories

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ: ਡਾ. ਬਲਜੀਤ ਕੌਰ

1 min read

ਚੰਡੀਗੜ੍ਹ, 27 ਜੂਨ, 2023: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ|

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..