January 15, 2025

Chandigarh Headline

True-stories

ਮਾਨ ਦਾ ਕੈਪਟਨ ਨੂੰ ਕਰਾਰਾ ਜਵਾਬ: “ਤੁਹਾਡੀ ‘ਸਿਆਣਪ’ ਨੇ ਪੰਜਾਬ ਨੂੰ ਬਰਬਾਦ ਕੀਤਾ”

ਚੰਡੀਗੜ੍ਹ, 2 ਜੁਲਾਈ, 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਖ਼ੁਦ ਨੂੰ ਸਿਆਣੇ ਕਹਿਣ ਵਾਲੇ ਪਟਿਆਲੇ ਦੇ ਇਸ ਵਾਰਸ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਕੈਪਟਨ ਨੂੰ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਬਜਾਏ ਆਪਣੀ ਕੁਰਸੀ ਦੀ ਚਿੰਤਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਕੇ ਕੈਪਟਨ ਨੇ ਸੱਤਾ ਵਿੱਚ ਰਹਿੰਦੇ ਹੋਏ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੈਪਟਨ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਇਸ ਗੱਲ ਨੂੰ ਕਦੇ ਨਹੀਂ ਭੁੱਲ ਸਕਦਾ ਕਿ ਕੈਪਟਨ ਦੇ ਪੁਰਖਿਆਂ ਨੇ ਆਪਣੇ ਸਵਾਰਥਾਂ ਲਈ ਮੁਗਲਾਂ ਅਤੇ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ ਅਤੇ ਉਨ੍ਹਾਂ ਨੇ ਬਰਤਾਨਵੀ ਸ਼ਾਸਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਲੜ ਰਹੇ ਦੇਸ਼ ਭਗਤਾਂ ‘ਤੇ ਅਣਗਿਣਤ ਅੱਤਿਆਚਾਰ ਕੀਤੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੁਰਖਿਆਂ ਦੀ ਲੀਹ ‘ਤੇ ਚੱਲਦਿਆਂ ਆਪਣੇ ਸਿਆਸੀ ਹਿੱਤਾਂ ਨੂੰ ਪੂਰਨ ਲਈ ਲੋੜ ਪੈਣ ਉਤੇ ਕਾਂਗਰਸ ਅਤੇ ਅਕਾਲੀਆਂ ਨਾਲ ਸਾਂਝ ਪਾਈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਹੋਣ ਦੇ ਬਾਵਜੂਦ ਕੈਪਟਨ ਨੇ ਹੁਣ ਇੱਕ ਵਾਰ ਫਿਰ ਪੰਜਾਬ ਅਤੇ ਕਿਸਾਨ ਵਿਰੋਧੀ ਭਗਵਾ ਪਾਰਟੀ ਨਾਲ ਹੱਥ ਮਿਲਾਉਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਸੱਤਾ ਦੇ ਭੁੱਖੇ’ ਕੈਪਟਨ ਨੇ ਸਿਰਫ਼ ਸੱਤਾ ਦੀ ਖਾਤਰ ਹੀ ਪੱਖ ਬਦਲਿਆ ਹੈ, ਜੋ ਕਿ ਉਸ ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੌਰਾਨ ਅੰਗਰੇਜ਼ਾਂ ਦਾ ਸਾਥ ਦੇ ਕੇ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਹੀ ਕਿਸਾਨਾਂ ਅਤੇ ਪੰਜਾਬੀਆਂ ਨਾਲ ਕੀਤੇ ਧੋਖੇ ਦੀ ਸਜ਼ਾ ਭੁਗਤ ਚੁੱਕੇ ਹਨ ਕਿਉਂਕਿ ਲੋਕਾਂ ਨੇ ਉਸ ਨੂੰ ਰਾਜ ਦੇ ਸਿਆਸੀ ਅਖਾੜੇ ਤੋਂ ਬੇਦਖਲ ਕਰ ਦਿੱਤਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ 2022 ਦੀਆਂ ਚੋਣਾਂ ਵਿਚ ਉਨ੍ਹਾਂ ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਚੁੱਕੀਆਂ ਹਨ ਪਰ ਹੁਣ ਸਿਆਸੀ ਪਿੜ ਵਿੱਚ ਆਉਣ ਲਈ ਕੈਪਟਨ ਸੂਬੇ ਵਿਚ ਬੇਬੁਨਿਆਦ ਅਤੇ ਗੁੰਮਰਾਹਕੁਨ ਬਿਆਨਬਾਜ਼ੀ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..