ਡਾ. ਐਸੱ.ਐਸੱ. ਆਹਲੂਵਾਲੀਆ ਨੇ 21 ਜੇਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 31 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸੱ.ਐਸੱ. ਆਹਲੂਵਾਲੀਆ ਨੇ 21 ਜੇਈਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੀਈਓ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ, ਸ. ਮਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਅੱਜ ਇੱਥੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਡਾ. ਐਸੱ.ਐਸੱ. ਆਹਲੂਵਾਲੀਆ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਪੰਜਾਬੀਆਂ ਨਾਲ ਕੀਤੇ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਵਿਦੇਸ਼ਾਂ ਵੱਲ ਮੂੰਹ ਨਾ ਕਰਨਾ ਪਵੇ।
ਡਾ. ਐਸੱ.ਐਸੱ. ਆਹਲੂਵਾਲੀਆ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ 21 ਜੇਈਜ਼ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਨਵ–ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ, ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨੇ ਨਵ–ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਹੀ ਕੰਮ ਕਰਨ, ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਦੇ ਲਈ ਕੋਈ ਥਾਂ ਨਹੀਂ ਹੈ।
ਡਾ. ਐਸੱ.ਐਸੱ. ਆਹਲੂਵਾਲੀਆ ਨੇ ਇਸ ਮੌਕੇ ਉਤੇ ਕਿਹਾ ਜਦੋਂ ਦੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਿੱਚ 12 ਐਸਡੀਓਜ਼, 43 ਜੇਈਜ਼ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਮਾਨ ਸਰਕਾਰ ਹੁਣ ਤੱਕ ਲਗਭਗ 35,000 ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਵਿੱਚ ਨੌਕਰੀਆਂ ਦਿੰਦੀ ਸੀ, ਪਰ ਮਾਨ ਸਰਕਾਰ ਦਾ ਇੱਕੋ–ਇੱਕ ਸੁਪਨਾ ਹੈ, ਕਿ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਨਾਉਣਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿੱਚ ਬਿਨ੍ਹਾਂ ਕਿਸੇ ਭੇਦ–ਭਾਵ ਅਤੇ ਬਿਨ੍ਹਾਂ ਸ਼ਿਫਾਰਿਸ ਤੋਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ਤੇ ਭਰਤੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਦੀ ਸਰਕਾਰ ਦੇ ਵਿੱਚ ਬਿਨ੍ਹਾਂ ਰਿਸ਼ਵਤ ਅਤੇ ਸਿਫ਼ਾਰਿਸ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਪੰਜ ਸਾਲਾਂ ਵਿੱਚ ਸਿਰਫ ਇੱਕ ਵਾਰ ਹੀ ਨੌਕਰੀਆਂ ਨਿਕਲਦੀਆਂ ਸਨ, ਪਰ ਭਗਵੰਤ ਮਾਨ ਦੀ ਸਰਕਾਰ ਵਲੋਂ ਨੌਜਵਾਨਾਂ ਨੂੰ ਸਰਕਾਰ ਦੇ ਪਹਿਲੇ ਸਾਲ ਵਿੱਚ ਹੀ ਵੱਡੇ ਪੱਧਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਦੇ ਲਈ ਅਪਲਾਈ ਕਰ ਰਿਹਾ ਸੀ, ਤੇ ਹੁਣ ਭਗਵੰਤ ਮਾਨ ਦੀ ਸਰਕਾਰ ਨੇ ਉਸਨੂੰ ਨੌਕਰੀ ਦਿੱਤੀ ਹੈ, ਜਿਸਦੇ ਲਈ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ।