ਚੋਣ ਕਮਿਸ਼ਨ ਨੇ ਨਤੀਜਿਆਂ ਤੋਂ ਬਾਅਦ ਜਿੱਤ ਦੇ ਜਲੂਸ ਕੱਢਣ ‘ਤੇ ਲਗਾਈ ਪਾਬੰਦੀ: ਡੀਸੀ ਈਸ਼ਾ ਕਾਲੀਆ
1 min readਮੋਹਾਲੀ, 9 ਮਾਰਚ, 2022: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਜੇਤੂ ਜਲੂਸ ਕੱਢਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਵੋਟਿੰਗ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਗਿਣਤੀ ਦੌਰਾਨ ਜਾਂ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦਾ ਜੇਤੂ ਜਲੂਸ ਕੱਢਣ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਤੋਂ ਚੋਣ ਸਰਟੀਫਿਕੇਟ ਲੈਣ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਚੋਣ ਸਰਟੀਫਿਕੇਟ ਜਾਰੀ ਕਰਨ ਸਮੇਂ ਉਮੀਦਵਾਰ ਜਾਂ ਉਸਦੇ ਅਧਿਕਾਰਤ ਨੁਮਾਇੰਦਿਆਂ ਦੇ ਨਾਲ ਸਿਰਫ 2 ਵਿਅਕਤੀ ਹੀ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਨਿਗਰਾਨ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।