ਰਾਹੁਲ ਗਾਂਧੀ ਨੇ ਚੰਨੀ ਨੂੰ ਐਲਾਨਿਆ ਪੰਜਾਬ ਵਿਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ
1 min readਲੁਧਿਆਣਾ, 6 ਫਰਵਰੀ, 2022: ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਚੋਣਾਂ ਲਈ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ। ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਸ ਦਾ ਐਲਾਨ ਕੀਤਾ ਹੈ।
ਚਰਚਾ ਸੀ ਕਿ ਕਾਂਗਰਸ ਅੰਦਰ ਮੁੱਖ ਮੰਤਰੀ ਦੀ ਕੁਰਸੀ ਦੀ ਦਾਅਵੇਦਾਰੀ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਅਤੇ ਖਹਿਬਾਜ਼ੀ ਦਰਮਿਆਨ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਬਣਨ ਉਤੇ ਢਾਈ-ਢਾਈ ਸਾਲ ਲਈ ਮੁੱਖ ਮੰਤਰੀ ਬਣਾ ਦਿੱਤਾ ਜਾਵੇਗਾ। ਪਰ ਚੰਨੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਇਹ ਸੰਭਵ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਸੀ ਕਿ ਇਹ ਲਾਲੇ ਦੀ ਦੁਕਾਨ ਨਹੀਂ ਜੋ ਅੱਧੀ-ਅੱਧੀ ਕਰ ਲਈ ਜਾਵੇ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅੱਜ ਬਾਅਦ ਦੁਪਹਿਰ ਸਾਹਨੇਵਾਲ ਹਵਾਈ ਅੱਡੇ ‘ਤੇ ਉਤਰੇ ਅਤੇ ਕਾਂਗਰਸੀ ਆਗੂ ਸੁਨੀਲ ਜਾਖੜ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ ‘ਚ ਪਹੁੰਚੇ। ਜਿਥੇ ਉਨ੍ਹਾਂ ਬੰਦ ਕਮਰਾ ਮੀਟਿੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਲੁਧਿਆਣਾ ਦੇ ਹੋਟਲ ਵਿੱਚ ਸਨ। ਇਸੇ ਦੌਰਾਨ ਹੀ ਆਖਰੀ ਫੈਸਲਾ ਲਿਆ ਗਿਆ, ਜਿਸ ਦਾ ਐਲਾਨ ਰਾਹੁਲ ਗਾਂਧੀ ਨੇ ਕਾਂਗਰਸ ਦੀ ਚੋਣ ਰੈਲੀ ਵਿਚ ਕੀਤਾ।